ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਭਾਰਤ ਦੌਰਾ ਰੱਦ ਹੋ ਗਿਆ ਹੈ। ਭਾਰਤ ਸਰਕਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚਲਦਿਆਂ ਇਹ ਫੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਬੋਰਿਸ ਜਾਨਸਨ ਅਗਲੇ ਹਫ਼ਤੇ 25 ਅਪ੍ਰੈਲ ਨੂੰ ਭਾਰਤ ਆਉਣ ਵਾਲੇ ਸਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿਚ ਦੱਸਿਆ ਗਿਆ ਕਿ ਹੁਣ ਦੋਵੇਂ ਪੀਐਮ ਆਉਣ ਵਾਲੇ ਸਮੇਂ ਵਿਚ ਵਰਚੁਅਲ ਮੀਟਿੰਗ ਕਰਨਗੇ।
ਬਿਆਨ ਵਿਚ ਕਿਹਾ ਗਿਆ ਹੈ ਕਿ ‘ਦੋਵੇਂ ਨੇਤਾ ਭਾਰਤ-ਬ੍ਰਿਟੇਨ ਦੇ ਦੁਵੱਲੇ ਸਬੰਧਾਂ ਨੂੰ ਪੂਰੀ ਸਮਰੱਥਾ ਤੱਕ ਪਹੁੰਚਾਉਣ ਲਈ ਵਚਨਬੱਧ ਹਨ ਅਤੇ ਇਸ ਲਈ ਉਹਨਾਂ ਨੇ ਲਗਾਤਾਰ ਸੰਪਰਕ ਵਿਚ ਰਹਿਣ ਨੂੰ ਲੈ ਕੇ ਵਚਨਬੱਧਤਾ ਜਤਾਈ ਹੈ’। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ 26 ਜਨਵਰੀ ਮੌਕੇ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ ਪਰ ਉਹਨਾਂ ਨੂੰ ਉਹ ਦੌਰਾ ਵੀ ਰੱਦ ਕਰਨਾ ਪਿਆ ਸੀ।