ਕੋਇਟਾ : ਪਾਕਿਸਤਾਨ ਦੇ ਕੋਇਟਾ ਸ਼ਹਿਰ ਵਿੱਚ ਉਸ ਸਮੇਂ ਹਫੜਾ-ਤਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਕਾਰ ਵਿੱਚ ਅਚਾਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਲਗਪਗ 11 ਲੋਕ ਗੰਭੀਰ ਜ਼ਖਮੀ ਹੋਏ ਹਨ।
ਹਾਸਲ ਜਾਣਕਾਰੀ ਮੁਤਾਬਕ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿੱਚ ਬੀਤੀ ਰਾਤ 11 ਵਜੇ ਹੋਟਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਚੀਨੀ ਅਧਿਕਾਰੀ ਉਸ ਹੋਟਲ ਵਿੱਚ ਠਹਿਰੇ ਸੀ, ਜਿੱਥੇ ਇਹ ਘਟਨਾ ਵਾਪਰੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਆਸਪਾਸ ਦਾ ਇਲਾਕਾ ਪੂਰੀ ਤਰ੍ਹਾਂ ਕੰਬ ਗਿਆ।
ਖ਼ਬਰਾਂ ਮੁਤਾਬਕ, ਬਲਸਾਟ ਮਗਰੋਂ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਸੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਜ਼ਖਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਸੂਚਨਾ ਮੁਤਾਬਕ ਘਟਨਾ ਦੇ ਸਮੇਂ ਬਹੁਤ ਸਾਰੇ ਲੋਕ ਪਾਰਕਿੰਗ ਖੇਤਰ ਵਿੱਚ ਮੌਜੂਦ ਸੀ। ਇਹ ਲੋਕ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਆਏ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਕੁਝ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।
ਪੁਲਿਸ ਨੇ ਦੱਸਿਆ ਕਿ ਧਮਾਕੇ ਵਿੱਚ ਇਸਦੇ ਆਲੇ ਦੁਆਲੇ ਦੀਆਂ 7 ਕਾਰਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਪਸ਼ਟ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਸੀ ਜਾਂ ਕੁਝ ਹੋਰ। ਇਸ ਦੇ ਨਾਲ ਹੀ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਜਲਦੀ ਹੀ ਪਤਾ ਲੱਗ ਜਾਵੇਗਾ ਕਿ ਇਸ ਪਿੱਛੇ ਅਸਲ ਮਨੋਰਥ ਕੀ ਸੀ।
ਇਸ ਦੇ ਨਾਲ ਹੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਤਵਾਦ ਨਾਲ ਨਜਿੱਠਣ ਲਈ ਤਿਆਰ ਹੈ ਤੇ ਜੇਕਰ ਇਹ ਅੱਤਵਾਦੀ ਹਮਲਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।