ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਦੀ ਚਿਤਾਵਨੀ ਦਿਤੀ ਗਈ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿਤਾ ਹੈ। ਅਗਲੇ 2-3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿਚ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੀ ਸੰਭਾਵਨਾ ਵੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।
ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਅਤੇ 25 ਅਤੇ 26 ਜਨਵਰੀ ਨੂੰ ਠੰਢੇ ਦਿਨਾਂ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿਚ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਸੀਤ ਲਹਿਰ ਨੇ ਜਨ-ਜੀਵਨ ਪ੍ਰਭਾਵਤ ਕਰ ਦਿਤਾ ਹੈ। ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾਏ ਹੋਏ ਹਨ। ਜਿਥੇ ਖੇਤਾਂ ਵਿਚ ਮੀਂਹ ਦਾ ਪਾਣੀ ਖੜਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਕਣਕ ਦੀ ਫ਼ਸਲ ਵਿਚ ਵੀ ਪਾਣੀ ਭਰਨ ਕਾਰਨ ਫ਼ਸਲਾਂ ‘ਤੇ ਵੀ ਅਸਰ ਪਵੇਗਾ।
ਮੀਂਹ ਅਤੇ ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੋਮਵਾਰ ਨੂੰ ਦੋਵਾਂ ਸੂਬਿਆਂ ਦੇ ਕਈ ਹਿੱਸਿਆਂ ਵਿਚ ਕਿਣਮਿਣ ਅਤੇ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿਤੀ ਹੈ। ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਰੂਪਨਗਰ, ਮੋਹਾਲੀ, ਮੋਗਾ, ਗੁਰਦਾਸਪੁਰ, ਅੰਬਾਲਾ, ਹਿਸਾਰ, ਰੋਹਤਕ, ਪੰਚਕੂਲਾ, ਭਿਵਾਨੀ ਅਤੇ ਗੁਰੂਗ੍ਰਾਮ ਵਿਚ ਮੀਂਹ ਰੀਕਾਰਡ ਕੀਤਾ ਗਿਆ।