ਅਕਾਲੀ ਦਲ ਵੱਲੋ ਆਉਣ ਵਾਲੇ ਦਿਨਾਂ ਚ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕੇ ਕਿਹਾ ਕਿ “ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ ” ਯਾਤਰਾ ਸ਼ੁਰੂ ਕਰਨ ਦਾ ਐਲਾਨ ..
ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ..”
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇਹ ਵੀ ਫ਼ੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਸਜਾਏਗੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਸੈਮੀਨਾਰਾਂ ‘ਚ ਪੰਜਾਬ ਨੂੰ ਉਸ ਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਸੈਮੀਨਾਰ ਕਰਵਾਉਣ ਲਈ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਗੁਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ।