ਭਰਮਾਊ ਇਸ਼ਤਿਹਾਰਬਾਜ਼ੀ: ਰਾਮਦੇਵ ਤੇ ਬਾਲਕ੍ਰਿਸ਼ਨ ਜਨਤਕ ਤੌਰ ’ਤੇ ਮੁਆਫ਼ੀ ਮੰਗਣ: ਸੁਪਰੀਮ ਕੋਰਟ
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਨੂੰ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਜਨਤਕ ਮੁਆਫੀ ਮੰਗਣ ਲਈ ਹਫਤੇ ਦਾ ਸਮਾਂ ਦਿੱਤਾ ਪਰ ਕਿਹਾ ਕਿ ਇਸ ਪੜਾਅ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਜਾਵੇਗੀ।
ਸੁਣਵਾਈ ਦੌਰਾਨ ਰਾਮਦੇਵ ਅਤੇ ਬਾਲਕ੍ਰਿਸ਼ਨ ਦੋਵੇਂ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਉਨ੍ਹਾਂ ਦੀ ਮੁਆਫੀ ‘ਤੇ ਨੋਟਿਸ ਲਿਆ ਪਰ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਇਸ ਪੜਾਅ ’ਤੇ ਉਨ੍ਹਾਂ ਨੂੰ ਰਾਹਤ ਦੇਣ ਦਾ ਫੈਸਲਾ ਨਹੀਂ ਕੀਤਾ ਗਿਆ ਹੈ।