ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ
ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਾਈ ਕੋਰਟ ਵੱਲੋਂ ਇਕ ਟਿੱਪਣੀ ਕੀਤੀ ਗਈ। ਇਸ ਟਿੱਪਣੀ ਤੋਂ ਬਾਅਦ ਭਾਜਪਾ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਤੋਂ ਅਸਤੀਫ਼ਾ ਮੰਗ ਲਿਆ। ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਤਾ ਦੇ ਲਾਲਚੀ ਹਨ। ਉਨ੍ਹਾਂ ਨੂੰ ਦੇਸ਼ ਹਿੱਤ ਨਾਲੋਂ ਆਪਣੇ ਨਿੱਜੀ ਹਿੱਤਾਂ ਦੀ ਜ਼ਿਆਦਾ ਚਿੰਤਾ ਹੈ।
ਉਨ੍ਹਾਂ ਕਿਹਾ ਕਿ ਇਹ ਮੇਰੇ ਸ਼ਬਦ ਨਹੀਂ ਹਨ ਬਲਕਿ ਦਿੱਲੀ ਹਾਈਕੋਰਟ ਵੱਲੋਂ ਕੀਤੀ ਗਈ ਟਿੱਪਣੀ ਦੌਰਾਨ ਕਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ’ਚ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਅਤੇ ਸੱਤਾ ਦਾ ਆਨੰਦ ਲੈਣਾ ਚਾਹੁੰਦੇ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਥੋੜੀ ਵੀ ਸ਼ਰਮ ਹੈ ਤਾਂ ਦਿੱਲੀ ਹਾਈ ਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਅਸਤੀਫ਼ਾ ਦੇ ਦਿਓ।
ਦਿੱਲੀ ਹਾਈ ਕੋਰਟ ਨੇ ਦਿੱਲੀ ਨਗਰ ਨਿਗਮ ਦੇ ਸਕੂਲਾਂ ’ਚ 2 ਲੱਖ ਤੋਂ ਜ਼ਿਆਦਾ ਬੱਚਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਮਿਲਣ ’ਚ ਹੋਈ ਦੇਰੀ ਨੂੰ ਲੈ ਕੇ ਫਟਕਾਰ ਲਗਾਈ ਸੀ। 26 ਅਪ੍ਰੈਲ ਨੂੰ ਕੋਰਟ ਨੇ ਕਿਹਾ ਕਿ ਕੇਜਰੀਵਾਲ ਗਿ੍ਰਫ਼ਤਾਰ ਦੇ ਬਾਵਜੂਦ ਵੀ ਅਸਤੀਫ਼ਾ ਨਾ ਦੇ ਕੇ ਆਪਣੇ ਵਿਅਕਤੀਗਤ ਹਿਤਾਂ ਨੂੰ ਰਾਸ਼ਟਰੀ ਹਿਤ ਤੋਂ ਉਪਰ ਰੱਖ ਰਹੇ ਹਨ।