ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਲਈ ਸ਼ਾਮ 5 ਵਜੇ ਤੱਕ 55.20 ਫ਼ੀਸਦ ਵੋਟਾਂ ਪਈਆਂ
ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਗਈਆਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ 55.20 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ 70000 ਜਵਾਨ ਤਾਇਨਾਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਿੱਚੋਂ 302 ਮਰਦ ਉਮੀਦਵਾਰ ਅਤੇ 26 ਔਰਤਾਂ ਹਨ।
ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀਡਬਲਿਊਡੀ (ਦਿਵਿਆਂਗ) ਅਤੇ 1614 ਐੱਨਆਰਆਈ (ਪਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਐਲਾਨੇ ਗਏ ਹਨ।