ਮੁੱਖ ਮੰਤਰੀ ਨੇ ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਨਿੰਦਾ ਕੀਤੀ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ।
Punjab CM Sardar Bhagwant Singh Mann gives a befitting reply to Kangana Ranaut for her 'Anti-National Comments' on Punjab.
If BJP has any respect for the Unity and Integrity of India 🇮🇳, they should suspend and reprimand her. pic.twitter.com/uyIkmefN7O
— Dr Ranjan (@AAPforNewIndia) June 10, 2024
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।