Punjabi Boys in trouble: ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਵੱਖ-ਵੱਖ ਦੇਸ਼ਾਂ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਸਲੇ ਚੁੱਕੇ
New Delhi: ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ‘ਚ ਫਸੇ ਪੰਜਾਬੀਆਂ ਬਾਰੇ ਪੱਤਰ ਸੌਂਪਿਆ। ਸੰਤ ਸੀਚੇਵਾਲ ਨੇ ਦੱਸਿਆ ਕਿ ਵਿਦੇਸ਼ ਮੰਤਰੀ ਨੇ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਕਿ ਭਾਰਤੀਆਂ ਨੂੰ ਉਥੋਂ ਸੁਰੱਖਿਅਤ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਟ੍ਰੈਵਲ ਏਜੰਟਾਂ ਦੀ ਸ਼ਹਿ ‘ਤੇ ਵਿਦੇਸ਼ਾਂ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਜੋ ਪੱਤਰ ਦਿੱਤਾ ਹੈ, ਉਸ ਵਿੱਚ ਅਰਮੀਨੀਆ ਦੀ ਜੇਲ੍ਹ ਵਿੱਚ 12 ਭਾਰਤੀ ਫਸੇ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਇਸੇ ਤਰ੍ਹਾਂ ਉਸ ਨੇ ਉਨ੍ਹਾਂ ਨੌਜਵਾਨਾਂ ਬਾਰੇ ਵੀ ਦੱਸਿਆ ਜਿਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਜ਼ਬਰਦਸਤੀ ਭਰਤੀ ਕੀਤਾ ਗਿਆ ਸੀ।
ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੇ ਮਾਪਿਆਂ ਨੇ ਸੰਤ ਸੀਂਚੇਵਾਲ ਨਾਲ ਸੰਪਰਕ ਕੀਤਾ। ਕੁਵੈਤ ਵਿੱਚ ਜਰਮਨਜੀਤ ਸਿੰਘ ਨਾਂ ਦੇ ਨੌਜਵਾਨ, ਜੋ ਕਿ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ, ਦਾ ਮਾਮਲਾ ਵੀ ਵਿਦੇਸ਼ ਮੰਤਰੀ ਅੱਗੇ ਉਠਾਇਆ ਗਿਆ ਸੀ। ਦੁਬਈ ਦੀ ਜੇਲ੍ਹ ਵਿੱਚ ਫਸੇ 17 ਪੰਜਾਬੀ ਮੁੰਡਿਆਂ ਦਾ ਮਾਮਲਾ ਵੀ ਬਹੁਤ ਗੰਭੀਰ ਹੈ। ਪਿਛਲੇ ਡੇਢ ਸਾਲ ਤੋਂ ਇਨ੍ਹਾਂ ਨੌਜਵਾਨਾਂ ਦੇ ਮਾਪੇ ਆਪਣੇ ਬੱਚਿਆਂ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਯਤਨਸ਼ੀਲ ਹਨ। ਇਨ੍ਹਾਂ ਮਾਪਿਆਂ ਨੇ ਦਾਅਵਾ ਕੀਤਾ ਕਿ ਉੱਥੇ ਝਗੜੇ ਦੌਰਾਨ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਅਜਿਹੇ ‘ਚ ਇਨ੍ਹਾਂ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।