ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ ਸੁਖਬੀਰ ਬਾਦਲ
ਅੰਮਿ੍ਰਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜ਼ਰੂਰ ਪੇਸ਼ ਹੋਣਗੇ। ਸੁਖਬੀਰ ਨੇ ਕਿਹਾ ਹੈ ਕਿ ਮੈਂ ਨਿਮਰਤਾ ਸਹਿਤ ਸਰਵ ਉੱਚ ਅਸਥਾਨ ’ਤੇ ਨਤਮਸਤਕ ਹੋਵਾਂਗਾ ਅਤੇ ਮੇਰਾ ਰੋਮ-ਰੋਮ ਨਿਮਾਣੇ ਸਿੱਖ ਵਜੋਂ ਕੌਮ ਨੂੰ ਸਮਰਪਿਤ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਸੋਮਵਾਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਲੱਗੇ ਆਰੋਪਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ।
ਇਸ ਆਦੇਸ਼ ’ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਹੈ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਇਨ੍ਹਾਂ ਆਰੋਪਾਂ ਸਬੰਧੀ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ’ਚ ਦੇਣ ਲਈ ਕਿਹਾ ਗਿਆ ਹੈ।