-ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡਾਂ ਦੀ ਮੰਗ
ਚੰਡੀਗੜ੍ਹ: ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਾਵਨ ਧਰਤੀ ‘ਤੇ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੜਗਭੁਜਾ ਹੋਣ ਦੇ ਨਾਤੇ ਸੂਬੇ ਨੇ ਦੇਸ਼ ਦੇ ਆਜ਼ਾਦੀ ਅੰਦੋਲਨ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਕੁਸ਼ਲ, ਪਾਰਦਰਸ਼ੀ ਸ਼ਾਸਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ਼ ਨਾਲ ਡੂੰਘੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿੱਚ ਮਿਲੀਆਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਚੋਣਾਂ ਦੇ ਦਿਨਾਂ ਤੋਂ ਠੀਕ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ। ਭਾਵੇਂ ਮਾਰਚ, 2017 ਵਿੱਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜ਼ਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ ਕਿਉਂਕਿ ਅਸੀਂ ਵਿਰਸੇ ਵਿੱਚ ਮਿਲੀਆਂ ਇਨ੍ਹਾਂ ਚੁਣੌਤੀਆਂ ਦੇ ਵਿਚਕਾਰ ਵਿੱਤੀ ਮਜ਼ਬੂਤੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਨੂੰ ਸੂਬੇ ਦੀ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਤਾਂ ਜੋ ਕੌਮੀ ਫ਼ਰਜ਼ ਨੂੰ ਕੁਸ਼ਲਤਾ ਨਾਲ ਨਿਭਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਕ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਦੇਸ਼ ਲਈ ਅਨਾਜ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਗੱਲ ਕਰੀਏ ਤਾਂ ਸੂਬੇ ਦੇ ਲਗਪਗ ਸਾਰੇ ਬਲਾਕ ਬਲੈਕ ਜ਼ੋਨ ਵਿੱਚ ਚਲੇ ਗਏ ਹਨ, ਜਿਸ ਕਾਰਨ ਸੂਬੇ ਦਾ ਪਾਣੀ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ। ਤੇਜ਼ੀ ਨਾਲ ਘਟ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪੈਦਾ ਹੋ ਰਹੀ ਸਥਿਤੀ ਉੱਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੁਬਈ ਅਤੇ ਹੋਰ ਖਾੜੀ ਦੇਸ਼ਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਉੱਚ ਸ਼ਕਤੀ ਵਾਲੀਆਂ ਮੋਟਰਾਂ ਦੀ ਪੰਜਾਬ ਵਿੱਚ ਪਾਣੀ ਕੱਢਣ ਲਈ ਵਰਤੋਂ ਕੀਤੀ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਨੂੰ ਯਕੀਨੀ ਬਣਾ ਰਹੀ ਹੈ ਅਤੇ ਪਹਿਲਾਂ 30 ਫੀਸਦੀ ਦੇ ਮੁਕਾਬਲੇ ਪੰਜਾਬ ਹੁਣ ਸਿੰਜਾਈ ਲਈ 70 ਫੀਸਦੀ ਨਹਿਰੀ ਪਾਣੀ ਵਰਤ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਦੂਜੇ ਪਾਸੇ ਬਿਜਲੀ ਦੀ ਬਚੇਗੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਤੋਂ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵਰਗੀਆਂ ਵੱਡੀਆਂ ਸਨਅਤੀ ਕੰਪਨੀਆਂ ਸੂਬਾ ਸਰਕਾਰ ਦੀਆਂ ਨਿਵੇਸ਼ ਹਿਤੈਸ਼ੀ ਨੀਤੀਆਂ ਕਾਰਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਗੁਆਂਢੀ ਸੂਬਿਆਂ ਵਿੱਚ ਟੈਕਸ ਰਿਆਇਤਾਂ ਕਾਰਨ ਪੰਜਾਬ ਦੇ ਸਨਅਤੀ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ, ਇਸ ਕਾਰਨ ਉਦਯੋਗਿਕ ਇਕਾਈਆਂ ਇਨ੍ਹਾਂ ਸੂਬਿਆਂ ਵਿੱਚ ਤਬਦੀਲ ਹੋ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਹੁਤ ਸਾਰੇ ਲੀਕ ਤੋਂ ਹਟਵੇਂ ਵਿਚਾਰ ਪੇਸ਼ ਕੀਤੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਸ਼ਾਮਲ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਵਾਸਤੇ ਮਾਹੌਲ ਸੁਖਾਵਾਂ ਬਣਾਉਣਾ ਹੈ।