ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ’ ਪੁੱਟੀ ਜਾ ਰਹੀ ਹੈ।
ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।
ਪਿਛਲੇ ਹੁਕਮਰਾਨਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।
ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।